Wednesday, November 27, 2019

ਪਿੰਡ ਬੀਰਮੀ 'ਚ ਸੰਭਾਵੀ ਮਾਵਾਂ ਨੂੰ ਜਣੇਪੇ ਸੰਬੰਧੀ ਜਾਣਕਾਰੀ ਦੇਣ ਲਈ ਵਰਕਸ਼ਾਪ

Nov 27, 2019, 5:45 PM
ਗਰਭਵਤੀ ਔਰਤਾਂ ਨੂੰ ਸਾਰੇ ਸਬੰਧਤ ਪੱਖਾਂ ਬਾਰੇ ਕੀਤਾ ਜਾਗਰੂਕ 
ਲੁਧਿਆਣਾ ਦੇ ਸਾਰੇ ਬਲਾਕਾਂ 'ਚ ਰੋਟੇਸ਼ਨ ਵਾਰ ਲੱਗਣਗੀਆਂ ਵਰਕਸ਼ਾਪਾਂ


ਲੁਧਿਆਣਾ: 27 ਨਵੰਬਰ 2019: (ਲੁਧਿਆਣਾ ਸਕਰੀਨ ਬਿਊਰੋ)::ਜ਼ਿਲਾ ਪ੍ਰਸਾਸ਼ਨ ਨੇ ਵਿਲੱਖਣ ਉਪਰਾਲਾ ਕਰਦਿਆਂ ਸੰਭਾਵੀ ਮਾਵਾਂ ਨੂੰ ਗਰਭ ਅਵਸਥਾ ਅਤੇ ਜਣੇਪੇ ਸਮੇਤ ਹੋਰ ਕਈ ਪੱਖਾਂ ਤੋਂ ਜਾਗਰੂਕ ਕਰਨ ਲਈ ਵਰਕਸ਼ਾਪਾਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੀ ਸ਼ੁਰੂਆਤ ਅੱਜ ਪਿੰਡ ਬੀਰਮੀ ਤੋਂ ਕੀਤੀ ਗਈ, ਜਿੱਥੇ ਦੇ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸ਼ਹਿਰ ਦੀ ਔਰਤ ਰੋਗਾਂ ਦੀ ਮਾਹਿਰ ਡਾਕਟਰ ਨੀਲਮ ਸੋਢੀ ਦੀ ਅਗਵਾਈ ਵਿੱਚ ਟੀਮ ਵੱਲੋਂ ਵੱਡੀ ਗਿਣਤੀ ਵਿੱਚ ਸੰਭਾਵੀ ਮਾਵਾਂ ਨੂੰ ਜਾਗਰੂਕ ਕੀਤਾ ਗਿਆ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਸੁਯੋਗ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ ਵੱਲੋਂ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਤਹਿਤ ਇਹ ਵਰਕਸ਼ਾਪਾਂ ਜ਼ਿਲਾ ਲੁਧਿਆਣਾ ਅਧੀਨ ਪੈਂਦੇ ਸਾਰੇ 13 ਬਲਾਕਾਂ ਵਿੱਚ ਰੋਟੇਸ਼ਨਵਾਰ ਲਗਾਈਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲਾ ਪ੍ਰਸਾਸ਼ਨ ਵੱਲੋਂ ਸ਼ਹਿਰ ਦੀ ਔਰਤ ਰੋਗਾਂ ਦੀ ਮਾਹਿਰ ਡਾਕਟਰ ਨੀਲਮ ਸੋਢੀ ਅਤੇ ਉਹਨਾਂ ਦੀ ਟੀਮ ਨਾਲ ਰਾਬਤਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਗਰਭਵਤੀ ਔਰਤਾਂ, ਖਾਸ ਕਰਕੇ ਪਹਿਲੀ ਵਾਰ ਮਾਂ ਬਣਨ ਵਾਲੀਆਂ, ਲਈ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀਆਂ ਪ੍ਰਸਥਿਤੀਆਂ ਸੰਬੰਧੀ ਕਈ ਤੌਖ਼ਲੇ ਹੁੰਦੇ ਹਨ। ਉਹ ਇਸ ਸੰਬੰਧੀ ਬਹੁਤਾ ਕਿਸੇ ਨਾਲ ਗੱਲ ਵੀ ਨਹੀਂ ਕਰ ਪਾਉਂਦੀਆਂ। ਅਜਿਹੀਆਂ ਔਰਤਾਂ ਦੇ ਹਰ ਤਰਾਂ ਦੀਆਂ ਸ਼ੰਕਾਵਾਂ ਦਾ ਇਹਨਾਂ ਵਰਕਸ਼ਾਪਾਂ ਵਿੱਚ ਉੱਤਰ ਦੇਣ ਦੀ ਕੋਸ਼ਿਸ਼ ਕੀਤੀ ਜਾਇਆ ਕਰੇਗੀ। ਉਹਨਾਂ ਦੱਸਿਆ ਕਿ ਇਹਨਾਂ ਵਰਕਸ਼ਾਪਾਂ ਦੌਰਾਨ ਔਰਤਾਂ ਨੂੰ ਗਰਭ ਧਾਰਨ ਤੋਂ ਲੈ ਕੇ ਗਰਭ ਨਿਰੋਧਕ, ਗਰਭ ਅਵਸਥਾ, ਜਣੇਪਾ, ਮਾਂ ਬਣਨਾ, ਬੱਚੇ ਨੂੰ ਜਨਮ ਤੋਂ ਬਾਅਦ ਦੀਆਂ ਟੀਕਾਕਰਨ ਸਮੇਤ ਸਾਰੀਆਂ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਇਆ ਜਾਇਆ ਕਰੇਗਾ। ਇਹ ਜਾਣਕਾਰੀ ਦੇਣ ਵੇਲੇ ਔਰਤਾਂ ਦੀਆਂ ਸੱਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਕੋਲ ਸੱਦਿਆ ਜਾਇਆ ਕਰੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਡਾਕਟਰ ਜਾਂ ਸੰਸਥਾ ਜਾਂ ਜਥੇਬੰਦੀ ਇਸ ਪ੍ਰੋਗਰਾਮ ਦਾ ਹਿੱਸਾ ਬਣਨਾ ਚਾਹੁੰਦੇ ਹਨ ਤਾਂ ਉਹ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸੰਪਰਕ ਨੰਬਰ 01612444923 ਜਾਂ ਈਮੇਲ redcrossldh0yahoo.com 'ਤੇ ਸੰਪਰਕ ਕਰ ਸਕਦੇ ਹਨ। ਜੇਕਰ ਕੋਈ ਸੰਸਥਾ ਅਜਿਹੀ ਵਰਕਸ਼ਾਪ ਆਪਣੀ ਸੰਸਥਾ ਵਿੱਚ ਅਜਿਹੀ ਵਰਕਸ਼ਾਪ ਆਯੋਜਿਤ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਵੀ ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਇਸ ਸੰਬੰਧੀ ਡਾ. ਸੋਢੀ ਵੱਲੋਂ 10 ਵਲੰਟੀਅਰਾਂ ਦੀ ਟੀਮ ਵੀ ਤਿਆਰ ਕੀਤੀ ਜਾਵੇਗੀ, ਜੋ ਕਿ ਬਲਾਕ ਪੱਧਰ 'ਤੇ ਹਫ਼ਤਾਵਰੀ ਕੈਂਪਾਂ ਦਾ ਆਯੋਜਨ ਕਰਿਆ ਕਰੇਗੀ। ਇਸ ਮੌਕੇ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਆਈ. ਏ. ਐੱਸ. (ਅੰਡਰ ਟਰੇਨਿੰਗ), ਸ੍ਰੀਮਤੀ ਅਵਨੀਤ ਕੌਰ ਸੀ. ਡੀ. ਪੀ. ਓ. ਸੁਧਾਰ, ਡਾ. ਆਨੰਦ ਮਲਹੋਤਰਾ ਰੂਰਲ ਮੈਡੀਕਲ ਅਫ਼ਸਰ, ਨਵੋਦਿਆ ਵਲੰਟੀਅਰਜ਼, ਸੁਪਰਵਾਈਜ਼ਰਜ਼, ਆਂਗਣਵਾੜੀ ਵਰਕਰਜ਼, ਸਕੂਲ ਦੀ ਪ੍ਰਬੰਧਕੀ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

No comments:

Post a Comment